ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ

ਚੰਡੀਗੜ੍ਹ, 6 ਮਾਰਚ

      ਅਧਿਆਪਕ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

       ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ ਨਿਯਮਾਂ ਮੁਤਾਬਕ ਵਿਭਾਗ ਦੀਆਂ 650 ਨਰਸਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਹਨ। ਠੇਕੇ 'ਤੇ ਭਰਤੀ ਨਰਸ ਮੁਢਲੀ ਤਨਖਾਹ 'ਤੇ ਰੈਗੂਲਰ ਹੋਣ ਲਈ ਕੁਝ ਸਮਾਂ ਤੋਂ ਸੰਘਰਸ਼ ਕਰ ਰਹੀਆਂ ਸਨ।

       ਸਾਲ 2014, 2015 ਅਤੇ 2016 ਵਿੱਚ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਵਿੱਚੋਂ 5078 ਅਧਿਆਪਕ ਮਾਸਟਰ ਕਾਡਰ ਅਤੇ 100 ਕਲਾਸੀਕਲ ਐਂਡ ਵਰਨੈਕੂਲਰ (ਸੀ ਤੇ ਵੀ) ਅਧਿਆਪਕ ਹਨ।

       ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸਾਲ 2014, 2015 ਅਤੇ 2016 ਦੌਰਾਨ ਭਰਤੀ ਹੋਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਦੋ ਸਾਲਾਂ ਦਾ ਪਰਖਕਾਲ ਸਮਾਂ ਪੂਰਾ ਹੋਣ 'ਤੇ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਹੋ ਜਾਣਗੀਆਂ। ਮੰਤਰੀ ਮੰਡਲ ਨੇ ਪਰਖਕਾਲ ਸਮਾਂ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰ ਦਿੱਤਾ ਹੈ। ਅਧਿਆਪਕਾਂ ਦੀ ਸੀਨੀਆਰਤਾ ਪਰਖਕਾਲ ਸਮਾਂ ਮੁਕੰਮਲ ਹੋਣ ਦੀ ਤਰੀਕ ਤੋਂ ਮਿੱਥੀ ਜਾਵੇਗੀ।

       ਇਨ੍ਹਾਂ ਅਧਿਆਪਕਾਂ ਦੀ ਮੌਜੂਦਾ ਸਮੇਂ ਤਨਖਾਹ 7500 ਰੁਪਏ ਪ੍ਰਤੀ ਮਹੀਨਾ ਹੈ ਅਤੇ ਹੁਣ ਉਨ੍ਹਾਂ ਦੀ ਤਨਖਾਹ ਪੇਅ ਸਕੇਲ ਦਾ ਘੱਟੋ-ਘੱਟ ਜੋ 15,300 ਰੁਪਏ ਪ੍ਰਤੀ ਮਹੀਨਾ ਬਣਦਾ ਹੈ, ਮੁਤਾਬਕ ਤੈਅ ਹੋਵੇਗੀ ਜੋ ਪੂਰਾ ਸਕੇਲ ਮਿਲਣ ਤੱਕ ਮਿਲਦੀ ਰਹੇਗੀ।

ਮੰਤਰੀ ਮੰਡਲ ਨੇ ਅਧਿਆਪਕਾਂ ਦੇ ਸੰਘਰਸ਼ ਦੇ ਮਸਲੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਇਸ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 27 ਫਰਵਰੀ, 2019 ਨੂੰ ਸਕੂਲ ਸਿੱਖਿਆ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਵਿਭਾਗ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਵਿਆਪਕ ਤਜਵੀਜ਼ ਲਿਆਉਣ ਦੇ ਹੁਕਮ ਦਿੱਤੇ ਸਨ ਤਾਂ ਕਿ ਇਸ ਸਬੰਧ ਵਿੱਚ ਸਰਕਾਰ ਅੰਤਮ ਫੈਸਲਾ ਲੈ ਸਕੇ।

ਅੱਪਡੇਟ ਕੀਤਾ: 03/06/2019 - 14:43
back-to-top